ਮੁਕੇਰੀਆਂ:
ਨੇੜਲੇ ਪਿੰਡ ਬਿਸ਼ਨਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਣ ਦੇ ਕਾਰਨ ਸਿੱਖ ਸੰਗਤ ਅਤੇ ਧਾਰਮਿਕ ਜਥੇਬੰਦੀਆਂ ਸਮੇਤ ਪਿੰਡ ਬਿਸ਼ਨਪੁਰ ਵਾਸੀਆਂ ਵਿਚ ਰੋਸ ਦੀ ਲਹਿਰ ਹੈ। ਜਦਕਿ ਥਾਣਾ ਮੁਕੇਰੀਆਂ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਦੇ ਆਧਾਰ ‘ਤੇ ਮੁਲਜ਼ਮ ਦੀ ਸ਼ਨਾਖ਼ਤ ਕਰ ਕੇ ਮਾਮਲਾ ਦਰਜ ਕਰਨ ਮਗਰੋਂ ਹਿਰਾਸਤ ਵਿਚ ਲੈ ਲਿਆ ਹੈ।
ਪੰਜਾਬੀ ਜਾਗਰਣ ਦੀ ਖ਼ਬਰ ਮੁਤਾਬਿਕ, ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਦੁਆਰਾ ਸਿੰਘ ਸਭਾ ਬਿਸ਼ਨਪੁਰ ਦੇ ਗ੍ਰੰਥੀ ਤਰਸੇਮ ਸਿੰਘ ਨੇ ਦੱਸਿਆ ਕਿ ਬੁੱਧਵਾਰ 5 ਅਕਤੂਬਰ ਦੀ ਸ਼ਾਮ ਜਦੋਂ ਉਹ ਰਹਿਰਾਸ ਸਾਹਿਬ ਜੀ ਦੇ ਪਾਠ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਬੈਠੇ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਹੋਈ ਹੈ।
ਜਿਸ ਮਗਰੋਂ ਧਿਆਨ ਨਾਲ ਪੜਤਾਲ ਕਰਨ ‘ਤੇ ਪਤਾ ਲੱਗਾ ਕਿ ਉਨ੍ਹਾਂ ਦੀ ਗੈਰ-ਮੌਜੂਦਗੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਅੰਗਾਂ ਦੀ ਬੇਅਦਬੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਘਟਨਾ ਸਬੰਧੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਤੇ ਹੋਰ ਕਮੇਟੀ ਮੈਂਬਰਾਂ ਨੂੰ ਸੂਚਿਤ ਕੀਤਾ ਅਤੇ ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਨੂੰ ਜਾਂਚਿਆ ਗਿਆ।
ਉਨ੍ਹਾਂ ਦੱਸਿਆ ਕਿ ਸੀਸੀਟੀਵੀ ਫੁਟੇਜ਼ ਵਿਚ ਇੱਕ 8-9 ਸਾਲ ਦਾ ਬੱਚਾ ਨੰਗੇ ਸਿਰ ਗੁਰਦੁਆਰਾ ਸਾਹਿਬ ਵਿਖੇ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਦਾ ਹੋਇਆ ਨਜ਼ਰ ਆਇਆ। ਜਿਸਦੀ ਪਛਾਣ ਆਯੂਸ਼ ਪੁੱਤਰ ਸੰਜੇ ਕੁਮਾਰ ਨਿਵਾਸੀ ਯੂਪੀ ਹਾਲ ਵਾਸੀ ਬਿਸ਼ਨਪੁਰ (ਮੁਕੇਰੀਆਂ) ਵਜੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਪ੍ਰਵਾਸੀ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਪਿੰਡ ਬਿਸ਼ਨਪੁਰ ਵਿਖੇ ਹੀ ਰਹਿ ਰਿਹਾ ਹੈ।
ਇਸ ਸਮੇਂ ਗੁਰਦੁਆਰਾ ਸਿੰਘ ਸਭਾ ਬਿਸ਼ਨਪੁਰ ਵਿਖੇ ਪੁਲਿਸ ਪਾਰਟੀ ਨਾਲ ਪੁੱਜੇ ਮੁਕੇਰੀਆਂ ਪੁਲਿਸ ਦੇ ਡੀਐੱਸਪੀ ਕੁਲਵਿੰਦਰ ਸਿੰਘ ਵਿਰਕ ਅਤੇ ਐੱਸਐੱਚਓ ਹਰਜਿੰਦਰ ਸਿੰਘ ਨੇ ਸੀਸੀਟੀਵੀ ਫੁਟੇਜ਼ ਦੇ ਆਧਾਰ ‘ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸਨੂੰ ਤੁਰੰਤ ਆਪਣੀ ਹਿਰਾਸਤ ਵਿੱਚ ਲੈ ਲਿਆ ਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ। Punjabi jagran– ਹਰਮਨਜੀਤ ਸਿੰਘ ਸੈਣੀ