ਚੰਡੀਗੜ੍ਹ-
ਪੰਜਾਬ ਕੈਬਨਿਟ ਦੀ ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ ਉਤੇ ਮੰਤਰੀ ਸਮੂਹ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜਿਥੇ ਪਰਾਲੀ ਦੇ ਹੱਲ ਲਈ ਫ਼ੈਸਲਾ ਲਿਆ ਗਿਆ, ਉਥੇ ਹੀ 5ਜੀ ਨੈੱਟਵਰਕ ਬਾਰੇ ਵੀ ਪ੍ਰਸਾਵ ਪਾਸ ਕੀਤਾ ਗਿਆ।
ਮੀਟਿੰਗ ਦੇ ਦੌਰਾਨ ਪੰਜਾਬ ਕੈਬਨਿਟ ਨੇ ਵਿਭਾਗੀ ਪ੍ਰੀਖਿਆਵਾਂ ਸੱਤ ਤੋਂ ਘਟਾ ਕੇ ਪੰਜ ਕਰਨ ਲਈ ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਦੇ ਅਪੈਂਡੈਕਸ-ਡੀ ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ ਹੈ।
ਦੱਸ ਦਈਏ ਕਿ, ਪਹਿਲਾਂ ਵਿਭਾਗੀ ਪ੍ਰੀਖਿਆਵਾਂ ਸੱਤ ਹੁੰਦੀ ਸੀ, ਜਿਸ ਨੂੰ ਹੁਣ ਸਰਕਾਰ ਦੇ ਵਲੋਂ ਘਟਾ ਕੇ, 5 ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਦੇ ਨਾਲ ਹੀ ਸਰਕਾਰ ਦੇ ਵਲੋਂ ਕੈਬਨਿਟ ਨੇ ਪ੍ਰਾਹੁਣਾਚਾਰੀ ਵਿਭਾਗ ਪੰਜਾਬ, ਚੰਡੀਗੜ੍ਹ ਦੀ ਸਾਲ 2021-22 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨ ਕਰ ਲਿਆ।
ਬਠਿੰਡਾ ਵਿੱਚ ਬਲਕ ਡਰੱਗ ਪਾਰਕ ਦੀ ਸਥਾਪਨਾ ਦੀ ਤਜਵੀਜ਼ ਵਾਪਸ ਲੈਣ ਦੀ ਸਹਿਮਤੀ
ਕੈਬਨਿਟ ਨੇ ਬਠਿੰਡਾ ਵਿੱਚ ਥਰਮਲ ਪਲਾਂਟ ਦੀ ਜਗ੍ਹਾ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਤਜਵੀਜ਼ ਨੂੰ ਵਾਪਸ ਲੈਣ ਦੀ ਸਹਿਮਤੀ ਦੇ ਦਿੱਤੀ ਤਾਂ ਕਿ ਇਸ ਜ਼ਮੀਨ ਦੀ ਵਰਤੋਂ ਮਕਾਨ ਉਸਾਰੀ/ਆਧੁਨਿਕ ਰਿਹਾਇਸ਼ੀ ਕੰਪਲੈਕਸ/ਹੋਟਲ/ਕਮਰਸ਼ੀਲ ਪ੍ਰਾਜੈਕਟ ਅਤੇ ਪਲਾਸਟਿਕ ਪਾਰਕ, ਸੋਲਰ ਊਰਜਾ ਤੇ ਹੋਰ ਨਾਗਰਿਕ ਸੇਵਾਵਾਂ ਵਾਲੇ ਪ੍ਰਾਜੈਕਟਾਂ ਲਈ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੇਸ਼ ਵਿੱਚ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਸਕੀਮ ਅਧੀਨ ਅਕਤੂਬਰ 2020 ਵਿੱਚ ਬਠਿੰਡਾ ਵਿਖੇ ਥਰਮਲ ਪਲਾਂਟ ਵਾਲੀ ਜਗ੍ਹਾ ਉਤੇ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਤਜਵੀਜ਼ ਭੇਜੀ ਸੀ। ਡੇਢ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਹ ਪ੍ਰਾਜੈਕਟ ਲਟਕ ਰਿਹਾ ਹੈ ਅਤੇ ਇਸ ਲਈ ਭਾਰਤ ਸਰਕਾਰ ਦੀ ਪ੍ਰਵਾਨਗੀ ਦਾ ਇੰਤਜ਼ਾਰ ਹੈ।