ਚੰਡੀਗੜ੍ਹ :
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸੋਮਵਾਰ ਨੂੰ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਸੀ ਪਰ ਜਗੀਰ ਕੌਰ ਪੇਸ਼ ਨਹੀਂ ਹੋਈ। ਇਸ ਅਨੁਸ਼ਾਸਨਹੀਣਤਾ ਨੂੰ ਦੇਖਦਿਆਂ ਪਾਰਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਡਾ: ਸੁਖਵਿੰਦਰ ਸੁੱਖੀ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬੀਬੀ ਜਗੀਰ ਕੌਰ ਦਾ ਅੱਜ ਤੋਂ ਬਾਅਦ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਦੀ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਬੀਬੀ ਜਗੀਰ ਕੌਰ ਪਾਰਟੀ ਦੇ ਫੈਸਲੇ ਦੇ ਉਲਟ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ‘ਤੇ ਅੜੀ ਹੋਈ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਬੀਬੀ ਜਗੀਰ ਕੌਰ ਦੀ ਬਗ਼ਾਵਤ ਨੂੰ ਬਹੁਤੀ ਹਵਾ ਦੇਣ ਦੇ ਮੂਡ ਵਿੱਚ ਨਹੀਂ ਹੈ।
ਅਕਾਲੀ ਦਲ ਦੀ ਚਿੰਤਾ ਇਹ ਹੈ ਕਿ ਜੇਕਰ ਪਾਰਟੀ ਜਗੀਰ ਕੌਰ ਵਿਰੁੱਧ ਕੋਈ ਸਖ਼ਤ ਕਾਰਵਾਈ ਕਰਦੀ ਹੈ ਤਾਂ ਸ਼ਾਇਦ ਉਨ੍ਹਾਂ ਨੂੰ ਕੋਈ ਹਮਦਰਦੀ ਨਾ ਮਿਲੇ। ਇਸ ਦਾ ਅਸਰ 9 ਨਵੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਚੋਣਾਂ ‘ਤੇ ਵੀ ਪੈ ਸਕਦਾ ਹੈ।