BREAKING- ਪੰਜਾਬ ਦੇ ਇਸ ਸਰਹੱਦੀ ਜ਼ਿਲ੍ਹੇ ਚ ਪਾਬੰਦੀਆਂ ਦੇ ਹੁਕਮ ਜਾਰੀ, ਧਾਰਾ 144 ਲਾਗੂ

301

 

  • ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚੌਂਕਾਂ, ਸਰਕਾਰੀ ਜ਼ਮੀਨ ਆਦਿ ਥਾਵਾਂ ‘ਤੇ ਹੋਰਡਿੰਗ ਲਗਾਉਣ ‘ਤੇ ਪਾਬੰਦੀ
  • ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ‘ਚ ਡਰੋਨ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ
  • ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦਾਇਰੇ ਅੰਦਰ ਡਰੋਨ ਉਡਾਉਣ ‘ਤੇ ਪਾਬੰਦੀ

ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ

ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

ਹੋਰਡਿੰਗ ਲਗਾਉਣ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਸਰਕਾਰੀ ਜ਼ਮੀਨ ‘ਤੇ, ਰਾਹ ‘ਤੇ, ਸੜਕ ਜਾਂ ਚੌਂਕ ‘ਤੇ ਬਿਨਾਂ ਸਬੰਧਤ ਨਗਰ ਕੌਂਸਲ, ਕੰਨਟੋਨਮੈਂਟ ਬੋਰਡ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਸਬੰਧਿਤ ਵਿਭਾਗ ਦੀ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀ ਹੋਰਡਿੰਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਚੌਕਾਂ ਜਾਂ ਮੁੱਖ ਸੜਕਾਂ ਤੇ ਹੋਰਡਿੰਗਜ਼ ਲਗਾ ਦਿੱਤੇ ਜਾਂਦੇ ਹਨ, ਇਹ ਹੋਰਡਿੰਗਜ਼ ਅਜਿਹੀਆਂ ਥਾਵਾਂ ਤੇ ਲਗਾ ਦਿੱਤੇ ਜਾਂਦੇ ਹਨ ਜਿਸ ਨਾਲ ਟਰੈਫ਼ਿਕ ਵਿਚ ਵਿਘਨ ਪੈਂਦਾ ਹੈ ਅਤੇ ਦੁਰਘਟਨਾ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਹੋਰਡਿੰਗਜ਼ ‘ਤੇ ਕਿਸੇ ਤਰ੍ਹਾਂ ਦੀ ਗ਼ਲਤ ਭਾਸ਼ਾ ਲਿਖੀ ਜਾਣ ‘ਤੇ ਵੱਖ-ਵੱਖ ਫ਼ਿਰਕਿਆਂ ਦੇ ਲੋਕਾਂ ਵਿਚ ਗ਼ੁੱਸੇ ਦੀ ਲਹਿਰ ਪੈਦਾ ਹੋ ਜਾਂਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦਾ ਖ਼ਦਸ਼ਾ ਬਣ ਜਾਂਦਾ ਹੈ।

ਡਰੋਨ ਦੀ ਵਰਤੋਂ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜੂਰੀ ਪ੍ਰਾਪਤ ਕੀਤੀ ਜਾਵੇਗੀ।

ਜੇਲ੍ਹਾਂ ਦੇ ਆਲੇ-ਦੁਆਲੇ 500 ਮੀਟਰ ਦਾਇਰੇ ‘ਚ ‘ਨੋ ਡਰੋਨ ਜੋਨਜ਼’ ਘੋਸ਼ਿਤ

ਇਸੇ ਤਰ੍ਹਾਂ ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਦਾਇਰੇ ਦੇ ਅੰਦਰ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ਤੇ ਰੋਕ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜੇਲ੍ਹਾਂ ਦੇ ਨੇੜੇ ਅਜਿਹੇ ਅਣ-ਅਧਿਕਾਰਤ ਡਰੋਨ ਉਡਾਣਾ ਇਕ ਗੰਭੀਰ ਖਤਰਾ ਪੈਦਾ ਕਰ ਸਕਦਾ ਹੈ।

ਜਿਸ ਨਾਲ ਜੇਲ੍ਹਾਂ ਨੂੰ ਸੁਰੱਖਿਆ ਉਲੰਘਨਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਪਰੋਕਤ ਦੇ ਮੱਦੇ ਨਜ਼ਰ ਜੇਲ੍ਹ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ-ਦੁਆਲੇ 500 ਮੀਟਰ ਦਾਇਰੇ ਵਿੱਚ ‘ਨੋ ਡਰੋਨ ਜੋਨਜ਼’ ਘੋਸ਼ਿਤ ਕਰਨਾ ਲਾਜ਼ਮੀ ਹੈ। ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਦਾਇਰੇ ਦੇ ਅੰਦਰ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਕਿਸੇ ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜ਼ੂਰੀ ਪ੍ਰਾਪਤ ਕੀਤੀ ਜਾਵੇਗੀ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

 

LEAVE A REPLY

Please enter your comment!
Please enter your name here