- ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀ
ਚੰਡੀਗੜ੍ਹ
ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ ਉਤੇ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਨਾਲ ਹੁਣ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀਆਂ ਮਾਲਕ ਸਿਰਫ਼ ਗ੍ਰਾਮ ਪੰਚਾਇਤਾਂ ਹੋਣਗੀਆਂ।
ਧਾਰਾ 2(ਜੀ) ਵਿੱਚ ਕੀਤੀ ਇਸ ਸੋਧ ਮੁਤਾਬਕ ਈਸਟ ਪੰਜਾਬ ਹੋਲਡਿੰਗਜ਼ (ਕੰਸੋਲੀਡੇਸ਼ਨ ਐਂਡ ਪ੍ਰੀਵੈਨਸ਼ਨ ਆਫ ਫਰੈਗਮੈਂਟੇਸ਼ਨ) ਐਕਟ, 1948 (ਈਸਟ ਪੰਜਾਬ ਐਕਟ 50 ਆਫ 1948) ਦੀ ਧਾਰਾ 18 ਅਧੀਨ ਪਿੰਡ ਦੇ ਸਾਂਝੇ ਮੰਤਵਾਂ ਲਈ ਰਾਖਵੀਂ ਰੱਖੀ ਜ਼ਮੀਨ ਦਾ ਪ੍ਰਬੰਧ ਤੇ ਕੰਟਰੋਲ ਉਪਰੋਕਤ ਐਕਟ ਦੀ ਧਾਰਾ 23-ਏ ਤਹਿਤ ਗਰਾਮ ਪੰਚਾਇਤ ਦਾ ਹੋਵੇਗਾ।
ਇਸ ਤਹਿਤ ਮਾਲਕੀ ਰਿਕਾਰਡ ਦੇ ਖਾਨੇ ਵਿੱਚ ਦਰ ਜੁਮਲਾ ਮਾਲਕਾਨ ਵਾ ਦਿਗਰ ਹੱਕਦਾਰਾਨ ਅਰਜ਼ੀ ਹਸਬ ਰਸਦ, ਜੁਮਲਾ ਮਾਲਕਾਨ ਜਾਂ ਮੁਸ਼ਤਰਕਾ ਮਾਲਕਾਨ ਵਜੋਂ ਦਰਜ ਜ਼ਮੀਨ ਨੂੰ ਇਸ ਧਾਰਾ ਦੇ ਘੇਰੇ ਵਿੱਚ ਸ਼ਾਮਲਾਤ ਦੇਹ ਜ਼ਮੀਨ ਮੰਨਿਆ ਜਾਵੇਗਾ।