ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਦੇ ਵਿੱਚ ਹੋਰਨਾਂ ਅਹਿਮ ਫ਼ੈਸਲਿਆਂ ਦੇ ਨਾਲ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਸੰਗਰੂਰ ਜ਼ਿਲ੍ਹੇ ਵਿਚ ਮਸਤੂਆਣਾ ਸਾਹਿਬ ਵਿਖੇ ਨਵੇਂ ਬਣਨ ਜਾ ਰਹੇ ਸੰਤ ਅਤਰ ਸਿੰਘ ਸਟੇਟ ਇੰਸਟਿਊਟ ਆਫ ਮੈਡੀਕਲ ਸਾਇੰਸਜ਼ ਲਈ 1020 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਨਿਰਮਾਣ ਅਧੀਨ ਇਸ ਮੈਡੀਕਲ ਕਾਲਜ ਵਿਚ ਇਹ ਅਸਾਮੀਆਂ ਸਿਰਜਣ, ਭਰਨ ਤੇ ਪੇਅ ਸਕੇਲ ਤੈਅ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ 1020 ਅਸਾਮੀਆਂ ਵਿਚ ਫੈਕਲਟੀ ਦੀਆਂ 193 ਅਸਾਮੀਆਂ, ਪੈਰਾ-ਮੈਡੀਕਲ ਸਟਾਫ ਦੀਆਂ 427 ਤੋਂ ਇਲਾਵਾ 400 ਹੋਰ ਅਸਾਮੀਆਂ ਹਨ।
ਇਸ ਸੰਸਥਾ ਦੇ ਸ਼ੁਰੂ ਹੋਣ ਨਾਲ ਇਸ ਵਿਚ ਐਮ.ਬੀ.ਬੀ.ਐਸ. ਦੇ ਕੋਰਸ ਦੀਆਂ 100 ਸੀਟਾਂ ਵੀ ਹੋਣਗੀਆਂ ਜਿਸ ਕਰਕੇ ਇਨ੍ਹਾਂ ਅਸਾਮੀਆਂ ਦੀ ਸਿਰਜਣਾ ਕੀਤੀ ਗਈ ਹੈ ਤਾਂ ਨੌਜਵਾਨਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।
ਇਸ ਫੈਸਲੇ ਨਾਲ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਅਤੇ ਨੌਜਵਾਨਾਂ ਨੂੰ ਮੈਡੀਕਲ ਦੇ ਖੇਤਰ ਵਿਚ ਮੌਕੇ ਪ੍ਰਦਾਨ ਕਰਨ ਦਾ ਦੂਹਰਾ ਮਨੋਰਥ ਪੂਰਾ ਹੋਵੇਗਾ।
ਇਸ ਸੰਸਥਾ ਵਿਚ ਮੈਡੀਕਲ ਫੈਕਲਟੀ ਦੀਆਂ ਅਸਾਮੀਆਂ ਕੌਮੀ ਮੈਡੀਕਲ ਕੌਂਸਲ ਵੱਲੋਂ ਪ੍ਰਵਾਨਿਤ ਸਿੱਖਿਆ, ਤਜਰਬੇ ਤੇ ਹੋਰ ਪ੍ਰਕਿਰਿਆ ਨੂੰ ਆਧਾਰ ਬਣਾ ਕੇ ਭਰੀਆਂ ਜਾਣਗੀਆਂ। ਪੈਰਾ ਮੈਡੀਕਲ ਸਟਾਫ ਅਤੇ ਦਰਜਾ-ਚਾਰ ਅਸਾਮੀਆਂ ਦੀ ਭਰਤੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੌਜੂਦਾ ਨਿਯਮਾਂ ਤੇ ਪੰਜਾਬ ਸਟੇਟ (ਕਲਾਸ-4) ਸਰਵਿਸ ਰੂਲਜ਼-1963 ਦੇ ਨਿਯਮਾਂ ਮੁਤਾਬਕ ਭਰੀਆਂ ਜਾਣਗੀਆਂ।