ਚੰਡੀਗੜ੍ਹ-
ਆਪ ਸਰਕਾਰ ਚ ਕੈਬਿਨੇਟ ਮੰਤਰੀ ਫ਼ੌਜਾ ਸਿੰਘ ਸਰਾਰੀ ਦੀ ਖੁਰਾਕ ਤੇ ਸਪਲਾਈ ਵਿਭਾਗ ਬਾਬਤ ਸੌਦੇਬਾਜ਼ੀ ਵੱਲ ਸੰਕੇਤ ਕਰਦੀ ਕਥਿਤ ਆਡੀਓ ਕਲਿੱਪ ਸਾਹਮਣੇ ਆਉਣ ਤੋਂ ਬਾਅਦ ਫ਼ੌਜਾ ਸਿੰਘ ਸਰਾਰੀ ਨੂੰ ਕੈਬਿਨੇਟ `ਚੋ ਬਰਖਾਸਤ ਕਰਨ ਦੀ ਮੰਗ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੈਬਿਨੇਟ ਮੰਤਰੀ ਅਤੇ ਉਸ ਦੇ ਓਐੱਸਡੀ ਦਰਮਿਆਨ ਸੌਦੇਬਾਜ਼ੀ ਦੀ ਲੀਕ ਹੋਈ ਆਡੀਓ ਕਲਿੱਪ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਫੌਜਾ ਸਿੰਘ ਸਰਾਰੀ ਨੂੰ ਨੈਤੀਕਤਾ ਦੇ ਅਧਾਰ `ਤੇ ਖੁਦ ਕੈਬਿਨੇਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।
ਢੀਂਡਸਾ ਨੇ ਕਿਹਾ ਕਿ ਜੇਕਰ ਫੌਜਾ ਸਿੰਘ ਅਸਤੀਫਾ ਨਹੀ ਦਿੰਦੇ ਹਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੈਬਿਨੇਟ ਮੰਤਰੀ ਸਰਾਰੀ ਨੂੰ ਅਹੁਦੇ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ।
ਢੀਂਡਸਾ ਨੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕੱਟੜ ਇਮਾਨਦਾਰ ਹੋਣ ਦੇ ਦਾਅਵੇ ਕਰ ਰਹੀ ਹੈ।
ਜਦਕਿ ਦੂਜੇ ਪਾਸੇ ਉਸ ਦੇ ਮੰਤਰੀ ਅਤੇ ਵਿਧਾਇਕ ਲਗਾਤਾਰ ਭ੍ਰਿਸ਼ਟਾਚਾਰ ਅਤੇ ਹੋਰਨਾਂ ਮਾਮਲਿਆਂ ਵਿਚ ਘਿਰਦੇ ਜਾ ਰਹੇ ਹਨ ਅਜਿਹੇ ਵਿਚ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ ਉਤੇ ਕਿਵੇਂ ਭਰੋਸਾ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਆਡੀਓ ਕਲਿੱਪ ਦੀ ਪ੍ਰਮਾਣਿਕਤਾ ਦੀ ਜਾਂਚ ਕਰਨਾ ਅਤੇ ਮੁੱਦੇ ਦੇ ਤਹਿ ਤੱਕ ਜਾਣਾ ਬਹੁਤ ਲਾਜ਼ਮੀ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਖ਼ੁਦ ਇਸ ਆਡੀਓ ਕਲਿੱਪ ਦੀ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ। News-18