ਪੰਜਾਬ ਨੈੱਟਵਰਕ, ਚੰਡੀਗੜ੍ਹ-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਨੇ 12000 ਤੋਂ ਵੱਧ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਕਾਰਜਕਾਰੀ ਕੋਚਾਂ ਦੀਆਂ ਤਨਖਾਹ ਵਿੱਚ ਵਾਧਾ ਕਰਕੇ ਇਸ ਨੂੰ ਦੁੱਗਣਾ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਿੰਡਾਂ ਵਿਚ ਮੁਕਾਬਲੇਬਾਜ਼ੀ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਪ੍ਰਾਈਵੇਟ ਸੈਕਟਰ ਵਿੱਚ ਹੋਰ 2.89 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਖੇਤਰ ਨੂੰ ਬੁਰੀ ਤਰ੍ਹਾਂ ਅਣਗੌਲਿਆ ਕੀਤਾ, ਜਿਸ ਨਾਲ ਸੂਬੇ ਨੂੰ ਬਹੁਤ ਵੱਡਾ ਨੁਕਸਾਨ ਹੋਇਆ।