ਦਲਜੀਤ ਕੌਰ ਭਵਾਨੀਗੜ੍ਹ, ਸੰਗਰੂਰ
ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੰਜਾਬ ਭਰ ‘ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਸੰਗਰੂੂਰ ਪਹੁੰਚੇ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮਿਆਂ ਵੱਲੋਂ ਅੱਜ ਦੇ ਰੋਸ ਪ੍ਰਦਰਸ਼ਨ ਦੌਰਾਨ ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਧੱਕਾਮੁੱਕੀ ਅਤੇ ਖਿੱਚ ਧੂਹ ਕੀਤੀ ਗਈ। ਅੱਜ ਜਦੋਂ ਇਹ ਧਰਨਾਕਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਨੂੰ ਵਧ ਰਹੇ ਸੀ ਤਾਂ ਮੌਕੇ ਤੇ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਖਿੱਚ ਧੂਹ ਕੀਤੀ ਗਈ ਅਤੇ ਕੁੱਝ ਪ੍ਰਦਰਸ਼ਨਕਾਰੀ ਔਰਤਾਂ ਤੱਕ ਨੂੰ ਵੀ ਮਰਦ ਪੁਲਿਸ ਵੱਲੋਂ ਖਿੱਚ ਧੂਹ ਕਰਕੇ ਜ਼ਮੀਨ ਤੇ ਘਸੀਟਿਆ ਗਿਆ। ਇਸ ਦੌਰਾਨ ਮੌਕੇ ੳੱਤੇ ਪਹੁੰਚੇ ਹੋਏ ਐੱਸਡੀਐੱਮ ਮੈਡਮ ਨਵਰੀਤ ਕੌਰ ਸੇਖੋਂ ਨੇ ਇਸ ਮਾਹੌਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮਿਆਂ ਦੇ ਆਗੂਆਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ 29 ਸਤੰਬਰ ਨੂੰ ਸਵੇਰੇ 11 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਦੀ ਲਿਖਤੀ ਮੀਟਿੰਗ ਤੈਅ ਕਰਵਾਈ। ਜਿਸ ਤੋਂ ਬਾਅਦ ਜਾ ਕੇ ਪ੍ਰਦਰਸ਼ਨਕਾਰੀ ਐੱਨ ਐੱਚ ਐੱਮ ਦੇ ਕੱਚੇ ਕਾਮੇ ਸ਼ਾਂਤ ਹੋਏ ਅਤੇ ਉਨ੍ਹਾਂ ਆਪਣਾ ਧਰਨਾ ਸਮਾਪਤ ਕਰ ਦਿੱਤਾ। ਇਹ ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ ਦੇ ਹੱਲ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੀਟਿੰਗ ਲੈਣ ਰੋਸ ਪ੍ਰਦਰਸ਼ਨ ਕਰ ਰਹੇ ਸੀ। ਇਸ ਤੋਂ ਪਹਿਲਾਂ ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ ਪੰਜਾਬ ਦੀ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਫਲਾਈਓਵਰ ਹੇਠਾਂ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਡਾਕਟਰ ਵਾਹਿਦ ਸੰਗਰੂਰ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ, ਪਰ ਸਿਹਤ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜਮਾਂ ਤੋਂ ਪੰਜਾਬ ਸਰਕਾਰ ਕਿਨਾਰਾ ਕਰਦੀ ਨਜਰ ਆ ਰਹੀ ਹੈ। ਨੈਸ਼ਨਲ ਹੈਲਥ ਮਿਸ਼ਨ ਅਧੀਨ ਮੁਲਾਜਮ ਪਿੱਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨਾਲ ਸਮੇਂ ਦੀਆਂ ਸਰਕਾਰਾਂ ਨੇ ਹਰ ਵਾਰ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਨੈਸ਼ਨਲ ਹੈਲਸ਼ ਮਿਸ਼ਨ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਵਿੱਚ ਹੀ ਯੋਗ ਪ੍ਣਾਲੀ ਰਾਹੀ ਭਰਤੀ ਹੋਏ ਸਮੂਹ ਐੱਨ.ਐੱਚ.ਐੱਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ, ਪ੍ਰੰਤੂ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ।
ਉਨ੍ਹਾਂ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸੂਬਾ ਭਰ ਦੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਵੱਲੋਂ ਪਿਛਲੇ ਹਫ਼ਤੇ ਵੀ ਮਿਤੀ 12 ਸਤੰਬਰ ਨੂੰ 12 ਤੋਂ 2 ਵਜੇ ਤੱਕ 2 ਘੰਟੇ ਲਈ ਮੁਕੱਮਲ ਤੌਰ ਤੇ ਕੰਮ ਬੰਦ ਕਰਕੇ ਜਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਅਤੇ ਰੋਸ਼ ਪ੍ਰਦਰਸ਼ਨ ਕੀਤੇ ਗਏ ਸਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੂਬਾ ਸਕੱਤਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜਮਾਂ ਦੁਆਰਾ ਕੋਵਿਡ-19 ਮਹਾਂਮਾਰੀ ਵਿੱਚ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੈਸ਼ਨਲ ਹੈਲਥ ਮਿਸ਼ਨ ਲਈ ਸਪੈਸ਼ਲ ਯੂਨੀਵਰਸਲ ਰੈਗੂਲਾਇਜੇਸ਼ਨ ਪਾਲਿਸੀ ਬਣਾ ਕੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਜਮਾਂ ਨੂੰ ਬਿਨਾਂ ਭੇਦਭਾਵ ਦੇ ਰੈਗੂਲਰ ਕਰੇ ਨਹੀਂ ਤਾਂ ਸੰਘਰਸ਼ਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਨਰਾਜ਼ ਆਪਣੇ ਰੋਸ ਪ੍ਰਦਰਸ਼ਨਾਂ ਦੇ ਤਹਿਤ ਅੱਜ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜਮਾਂ ਵੱਲੋਂ ਸਰਕਾਰ ਦੇ ਖਿਲਾਫ਼ ਸੜਕਾਂ ਤੇ ਉਤਰਨ ਦਾ ਫੈਸਲਾ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਦੇ ਦੌਰਾਨ ਪੰਜਾਬ ਭਰ ਦੇ ਸਾਰੇ ਜਿਲਿਆਂ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਅਤੇ ਪੰਜਾਬ ਸਰਕਾਰ ਵਿਰੁੱਧ ਤਿੱਖੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕਿਰਨਜੀਤ ਕੌਰ ਅਤੇ ਪ੍ਰੈੱਸ ਸਕੱਤਰ ਕਮਲਜੀਤ ਕੌਰ ਬਰਨਾਲਾ ਵੱਲੋਂ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਪੰਜਾਬ ਸਰਕਾਰ ਨੈਸ਼ਨਲ ਹੈਲਸ਼ ਮਿਸ਼ਨ ਦੇ ਮੁਲਾਜਮਾਂ ਨੂੰ ਰੈਗੂਲਰ ਕਰਨ ਸਬੰਧੀ ਪੂਰਨ ਤੌਰ ਤੇ ਐਲਾਨ ਨਹੀਂ ਕਰਦੀ ਉਦੋਂ ਤੱਕ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਅੱਜ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਤੋਂ ਬਾਅਦ ਪੰਜਾਬ ਤੋਂ ਬਾਅਦ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਸੜਕਾਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਲੱਗਭੱਗ ਬਾਰਾਂ ਹਜਾਰ ਸਿਹਤ ਕਰਮਚਾਰੀ ਜਿਨ੍ਹਾਂ ਵਿੱਚ ਡਾਕਟਰ, ਏ. ਐੱਨ. ਐੱਮ, ਸਟਾਫ਼ ਨਰਸਾਂ, ਆਯੂਸ਼, ਸੀ ਐੱਚ ਓ, ਆਰ ਬੀ ਐਸ ਕੇ ਅਤੇ ਦਫਤਰੀ ਸਟਾਫ਼ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਬਹੁਤ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ। ਇਸ ਮੌਕੇ ਗੁਲਸ਼ਨ ਸ਼ਰਮਾਂ ਫਰੀਦਕੋਟ, ਡਾਕਟਰ ਪ੍ਰਭਜੋਤ ਜੱਬਲ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ ਸੰਗਰੂਰ, ਡਾਕਟਰ ਸਿਮਰਪਾਲ, ਡਾਕਟਰ ਸ਼ਿਵਰਾਜ, ਅਵਤਾਰ ਸਿੰਘ ਮਾਨਸਾ, ਅਮਰਜੀਤ ਸਿੰਘ ਫਤਿਹਗੜ੍ਹ ਸਾਹਿਬ, ਨੀਤੂ ਸ਼ਰਮਲ ਹੁਸ਼ਿਆਰਪੁਰ, ਅਮਨਦੀਪ ਮਾਨਸਾ, ਡਾਕਟਰ ਰਾਜ ਪਟਿਆਲਾ, ਡਾਕਟਰ ਸੁਮਿਤ ਕਪਾਹੀ ਜਲੰਧਰ ਅਤੇ ਪੰਜਾਬ ਭਰ ਦੇ ਹਜ਼ਾਰਾਂ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਠੇਕਾ ਮੁਲਾਜ਼ਮ ਹਾਜ਼ਰ ਸਨ।