ਚੰਡੀਗੜ੍ਹ ਤੋਂ ਪੰਜਾਬ ‘ਚ ਸ਼ਰਾਬ ਦੀ ਤਸਕਰੀ! ਗਵਰਨਰ ਦੀ ਕਾਰਗੁਜ਼ਾਰੀ ‘ਤੇ AAP ਨੇ ਚੁੱਕੇ ਸਵਾਲ

302

 

  • ਆਮ ਆਦਮੀ ਪਾਰਟੀ ਦਾ ਇਲਜ਼ਾਮ- ਚੰਡੀਗੜ੍ਹ ਤੋਂ ਪੰਜਾਬ ਵਿੱਚ ਹਰ ਰੋਜ਼ ਵੱਡੀ ਮਾਤਰਾ ਵਿੱਚ ਸ਼ਰਾਬ ਦੀ ਤਸਕਰੀ ਹੋ ਰਹੀ ਹੈ
  • ਰਾਜਪਾਲ ਲਗਾਤਾਰ ਪੰਜਾਬ ਸਰਕਾਰ ‘ਤੇ ਨਸ਼ਿਆਂ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ ਪਰ ਉਹ ਚੰਡੀਗੜ੍ਹ ਤੋਂ ਪੰਜਾਬ ਪਹੁੰਚ ਰਹੀ ਨਾਜਾਇਜ਼ ਸ਼ਰਾਬ ਨੂੰ ਕਦੋਂ ਰੋਕਣਗੇ? -ਮਲਵਿੰਦਰ ਸਿੰਘ ਕੰਗ

ਪੰਜਾਬ ਨੈੱਟਵਰਕ, ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਨਸ਼ਿਆਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ‘ਤੇ ਸਵਾਲ ਚੁੱਕੇ ਹਨ ਅਤੇ ਚੰਡੀਗੜ੍ਹ ਤੋਂ ਪੰਜਾਬ ‘ਚ ਸ਼ਰਾਬ ਦੀ ਤਸਕਰੀ ਕਰਨ ਦਾ ਦੋਸ਼ ਲਗਾਇਆ ਹੈ।

ਐਤਵਾਰ ਨੂੰ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਨਸ਼ਿਆਂ ਦੇ ਮੁੱਦੇ ‘ਤੇ ਰਾਜਪਾਲ ਨੂੰ ਸਵਾਲ ਕਰਦਿਆਂ ਕਿਹਾ ਕਿ ਰਾਜਪਾਲ ਹਰ ਰੋਜ਼ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ‘ਤੇ ਸਵਾਲ ਉਠਾਉਂਦੇ ਹਨ, ਪਰ ਉਹ ਚੰਡੀਗੜ੍ਹ ਤੋਂ ਪੰਜਾਬ ਚ ਹੋ ਰਹੀ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਤੇ ਕਦੋਂ ਰੋਕ ਲਾਉਣਗੇ?

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੋਂ ਹਰ ਰੋਜ਼ ਵੱਡੀ ਮਾਤਰਾ ਵਿੱਚ ਨਜਾਇਜ਼ ਅਤੇ ਮਿਲਾਵਟੀ ਸ਼ਰਾਬ ਦੀ ਤਸਕਰੀ ਪੰਜਾਬ ਵਿੱਚ ਹੋ ਰਹੀ ਹੈ। ਇਸ ਕਾਰਨ ਸ਼ਰਾਬ ਮਾਫੀਆ ਨੂੰ ਹੱਲਾਸ਼ੇਰੀ ਮਿਲ ਰਹੀ ਹੈ ਅਤੇ ਚੰਡੀਗੜ੍ਹ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈ ਰਿਹਾ ਹੈ।

ਕਿਉਂਕਿ ਪੰਜਾਬ ਦਾ ਰਾਜਪਾਲ ਚੰਡੀਗੜ੍ਹ ਦਾ ਪ੍ਰਸ਼ਾਸਕ ਹੈ। ਇਸ ਲਈ ਇਸ ਨੂੰ ਰੋਕਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਕੰਗ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਯੋਗ ਉਪਰਾਲੇ ਕਰਨ।

ਉਨ੍ਹਾਂ ਕਿਹਾ ਕਿ ਦੂਜਿਆਂ ਤੇ ਸਵਾਲ ਚੁਕਣਾ ਅਤੇ ਆਪਣੇ ਆਪ ਨੂੰ ਠੀਕ ਕਰਨ ਵਿੱਚ ਵੱਡਾ ਫਰਕ ਹੁੰਦਾ ਹੈ। ਇਸ ਲਈ ਹੁਣ ਰਾਜਪਾਲ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਸਰਕਾਰ ਅਤੇ ਨਸ਼ਿਆਂ ਸਬੰਧੀ ਸਵਾਲ ਉਠਾਉਣ ਤੋਂ ਪਹਿਲਾਂ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਸੁਧਾਰਨ ਅਤੇ ਡਰੱਗ ਮਾਫੀਆ ਤੇ ਨੱਥ ਪਾਉਣ।

 

LEAVE A REPLY

Please enter your comment!
Please enter your name here