ਚੰਡੀਗੜ੍ਹ:
ਪੰਜਾਬ ਹਰਿਆਣਾ ਹਾਈਕੋਰਟ ਵਿੱਚ ਅੱਜ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸੁਣਵਾਈ ਹੋਈ। ਈਟੀਵੀ ਭਾਰਤ ਦੀ ਖ਼ਬਰ ਮੁਤਾਬਿਕ, ਨਜਾਇਜ਼ ਮਾਈਨਿੰਗ ਨੂੰ ਲੈ ਕੇ ਬੀਐਸਐਫ ਤੇ ਫੌਜ ਵੱਲੋਂ ਲਗਾਏ ਗਏ ਇਲਜ਼ਾਮ ਉੱਤੇ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕੀਤਾ।
ਮਾਮਲੇ ਵਿੱਚ ਹਾਈਕੋਰਟ ਨੇ ਕਿਹਾ ਕਿ ਮੇਰੇ ਕੋਲ ਇਹ ਕਹਿਣ ਲਈ ਸ਼ਬਦ ਵੀ ਨਹੀਂ ਹਨ ਕਿ ਦਰਿਆ ਦੇ ਕੰਢੇ ‘ਤੇ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਵੱਲੋਂ ਕੁਝ ਵੀ ਨਹੀਂ ਕੀਤਾ ਜਾ ਰਿਹਾ ਹੈ।
ਮਾਮਲੇ ਸਬੰਧੀ ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਸਰਹੱਦੀ ਇਲਾਕਿਆਂ ਜਿਵੇਂ ਹੀ ਪਠਾਨਕੋਟ, ਗੁਰਦਾਸਪੁਰ ਅਤੇ ਨਾਲ ਲਾਗੇ ਦੇ ਇਲਾਕਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਉੱਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰ ਤਰੀਕੇ ਦੀ ਮਾਈਨਿੰਗ ਦੇਸ਼ ਦੀ ਸੁਰੱਖਿਆ ਦੇ ਲਈ ਖਤਰਾ ਹੈ।
ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਪੰਜਾਬ ਅਗਲੀ ਤਰੀਕ ਤੱਕ ਦੱਸੇ ਉਨ੍ਹਾਂ ਵੱਲੋਂ ਕੀ ਕੀਤਾ ਜਾ ਰਿਹਾ ਹੈ। ਹਾਈਕੋਰਟ ਨੇ ਕਿਹਾ ਕਿ ਕੀ ਪੰਜਾਬ ਇਸ ਗੱਲ ਨੂੰ ਲੈ ਕੇ ਗੰਭੀਰ ਹੈ ਕਿ ਬੀਐਸਐਫ ਅਤੇ ਫੌਜ ਕਹਿ ਰਹੀ ਹੈ ਕਿ ਗੈਰ ਕਾਨੂੰਨੀ ਮਾਈਨਿੰਗ ਕਾਰਨ ਸਰਹੱਦੀ ਖੇਤਰਾਂ ਵਿੱਚ ਆਈਐਸਆਈ ਗਤੀਵਿਧੀਆਂ ਵਧੀਆਂ ਹਨ।