CM ਭਗਵੰਤ ਮਾਨ ਦੇ ਜ਼ਿਲ੍ਹੇ ‘ਚ 1.50 ਲੱਖ ਤੋਂ ਵੱਧ ਲਾਭਪਾਤਰੀ ਲੈ ਰਹੇ ਨੇ ਪੈਨਸ਼ਨ ਦਾ ਲਾਭ

193

 

  • ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਲਾਭਪਾਤਰੀਆਂ ਨੂੰ ਸਮੇਂ ਸਿਰ ਨਿਰਵਿਘਨ ਮਿਲ ਰਹੀ ਹੈ ਪੈਨਸ਼ਨ ਰਾਸ਼ੀ: ਵਰਜੀਤ ਵਾਲੀਆ
  • ਅਪ੍ਰੈਲ ਦੌਰਾਨ 1.50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 22.70 ਕਰੋੜ ਰੁਪਏ ਪੈਨਸ਼ਨ ਰਾਸ਼ੀ ਦੀ ਅਦਾਇਗੀ- ਕਾਰਜਕਾਰੀ ਡਿਪਟੀ ਕਮਿਸ਼ਨਰ

ਦਲਜੀਤ ਕੌਰ, ਸੰਗਰੂਰ

ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋੜਵੰਦ ਲਾਭਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਲਾਭ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਲੋੜਵੰਦਾਂ ਨੂੰ ਰੋਜ਼ਮਰ੍ਹਾ ਦੀਆਂ ਲੋੜਾਂ ਲਈ ਵਿੱਤੀ ਕਮੀਆਂ ਦਾ ਸਾਹਮਣਾ ਨਾ ਕਰਨਾ ਪਵੇ।

ਵਰਜੀਤ ਵਾਲੀਆ ਨੇ ਦੱਸਿਆ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਜ਼ਿਲ੍ਹਾ ਸੰਗਰੂਰ ‘ਚ 1 ਲੱਖ 51 ਹਜਾਰ 360 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਅਪ੍ਰੈਲ 2023 ਦੌਰਾਨ ਪੈਨਸ਼ਨ ਵਜੋਂ 22.70 ਕਰੋੜ ਤੋਂ ਵੱਧ ਰਾਸ਼ੀ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੁਢਾਪਾ, ਵਿਧਵਾ ਪੈਨਸ਼ਨ ਅਤੇ ਨਿਆਸ਼ਰਤ ਔਰਤਾਂ ਸਮੇਤ ਆਸ਼ਰਿਤ ਬੱਚਿਆਂ ਅਤੇ ਦਿਵਿਆਂਗਜਨਾਂ ਲਈ ਵਿੱਤੀ ਸਹਾਇਤਾ ਸਮੇਤ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਪੈਨਸ਼ਨ ਧਾਰਕਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਰਾਸ਼ੀ ਪ੍ਰਦਾਨ ਕੀਤੀ ਜਾ ਰਹੀ ਹੈ।

ਕਾਰਜਕਾਰੀ ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਬੁਢਾਪਾ ਪੈਨਸ਼ਨਰ ਸਕੀਮ ਤਹਿਤ 1500 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਕਰੀਬ 103650 ਲਾਭਪਾਤਰੀਆਂ ਨੂੰ 15 ਕਰੋੜ 54 ਲੱਖ 75 ਹਜ਼ਾਰ ਰੁਪਏ , ਵਿਧਵਾ ਤੇ ਨਿਆਸ਼ਰਤ ਔਰਤਾਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਰ ਨਾਲ 26090 ਲਾਭਪਾਤਰੀਆਂ ਨੂੰ 3 ਕਰੋੜ 91 ਲੱਖ 35 ਹਜ਼ਾਰ ਰੁਪਏ ਦੀ ਰਾਸ਼ੀ, 7373 ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ 1 ਕਰੋੜ 10 ਲੱਖ 59 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਬਤੌਰ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨਾਂ ਜ਼ਿਲ੍ਹੇ ਦੇ ਕਰੀਬ 14247 ਦਿਵਿਆਂਗਜਨਾ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇ ਰੂਪ ਵਿਚ ਕਰੀਬ 2 ਕਰੋੜ 13 ਲੱਖ 70 ਹਜ਼ਾਰ 500 ਰੁਪਏ ਦੀ ਰਾਸ਼ੀ ਵੀ ਵੰਡੀ ਜਾ ਰਹੀ ਹੈ।

ਕਾਰਜਕਾਰੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਲਾਭ ਲਾਭਪਾਤਰੀਆਂ ਨੂੰ ਨਿਰਵਿਘਨ ਮਿਲਣੇ ਯਕੀਨੀ ਬਣਾਏ ਜਾਣ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬੜਿੰਗ ਨੇ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਬ- ਡਵੀਜ਼ਨ ਵਿਖੇ ਵੱਖ-ਵੱਖ ਥਾਵਾਂ ਤੇ ਹਰ ਹਫ਼ਤੇ ਪੈਨਸ਼ਨ ਕੈਂਪ ਲਗਾ ਕੇ ਲਾਭਪਾਤਰੀਆਂ ਦੇ ਘਰ ਤੱਕ ਪੈਨਸ਼ਨ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ।

 

LEAVE A REPLY

Please enter your comment!
Please enter your name here