ਦਲਜੀਤ ਕੌਰ ਭਵਾਨੀਗੜ੍ਹ, ਚੰਡੀਗੜ੍ਹ/ਸੰਗਰੂਰ:
ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ।
ਕੱਲ੍ਹ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦਾ ਵਫ਼ਦ ਵੱਲੋਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵਿੱਚ ਕਾਂਗਰਸ ਸਰਕਾਰ ਵੱਲੋਂ ਜਾਰੀ 4161 ਮਾਸਟਰ ਕੇਡਰ ਅਸਾਮੀਆਂ ਦੀਆਂ ਉੱਤਰ ਕੁੰਜੀਆਂ ਵਿੱਚ ਦਰੁਸਤੀ ਕਰਵਾਉਣ, ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ।
ਨਵੀਆਂ ਅਸਾਮੀਆਂ ਲਈ 55 ਪ੍ਰਤੀਸ਼ਤ ਦੀ ਸ਼ਰਤ ਰੱਦ ਕਰਵਾਉਣ, ਬਾਹਰਲੇ ਰਾਜਾਂ ਦੇ ਉਮੀਦਵਾਰਾਂ ਦਾ ਪੰਜਾਬ ਦੀਆਂ ਨੌਕਰੀਆਂ ਉੱਤੇ ਡਾਕਾ ਰੁਕਵਾਉਣ ਅਤੇ ਲੈਕਚਰਾਰ ਭਰਤੀ ਵਿੱਚੋ ਬਾਹਰ ਕੀਤੇ ਵਿਸ਼ੇ ਮੁੜ ਸ਼ਾਮਿਲ ਕਰਵਾਉਣ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਨਾਲ ਮੀਟਿੰਗ ਕੀਤੀ ਗਈ ਸੀ। ਇਹ ਮੀਟਿੰਗ ਬੇਸਿੱਟਾ ਰਹਿਣ ਮਗਰੋ ਹੁਣ ਜੱਥੇਬੰਦੀ ਨੇ 16 ਅਕਤੂਬਰ ਨੂੰ ਮੁੜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਗਗਨਦੀਪ ਕੌਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋ ਦਿੱਤੀ ਪੈਨਲ ਮੀਟਿੰਗ ਵਿੱਚ ਸਿਰਫ ਸਿੱਖਿਆ ਮੰਤਰੀ ਹੀ ਸ਼ਾਮਿਲ ਹੋਏ। ਉਹਨਾਂ ਖਦਸ਼ਾ ਜ਼ਾਹਿਰ ਕੀਤਾ ਕਿ ਮੰਤਰੀ ਵੱਲੋ ਬੇਰੁਜ਼ਗਾਰਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਗੁਜਰਾਤ ਚੋਣਾਂ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾਂਦੀ ਨਜ਼ਰ ਆਈ।
ਉਹਨਾਂ ਕਿਹਾ ਕਿ ਦਿੱਲੀ ਦੀ ਏਜੰਸੀ ਵੱਲੋ ਲਈ ਗਈ ਪ੍ਰੀਖਿਆ ਵਿਚ ਅਨੇਕਾਂ ਤਰੁੱਟੀਆਂ ਨਾਲ ਸੈਂਕੜੇ ਬੇਰੁਜ਼ਗਾਰਾਂ ਦਾ ਭਵਿੱਖ ਤਬਾਹ ਹੋਣ ਦਾ ਡਰ ਹੈ। ਉਨ੍ਹਾਂ ਕਿਹਾ ਕਿ ਉਕਤ ਮੰਗਾਂ ਲਈ 16 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਬਲਕਾਰ ਸਿੰਘ ਮਘਾਨੀਆਂ ਅਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ।