ਸਵਾਇਨ ਫਲੂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਕੀਤੀ ਹਦਾਇਤ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਵਿਖੇ ਸਵਾਇਨ ਫਲੂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਆਏ ਹੋਏ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਸਵਾਇਨ ਫਲੂ ਸੀਜ਼ਨ ਨੂੰ ਮੁੱਖ ਰੱਖਦਿਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਤੇਜੀ ਲਿਆਂਦੀ ਜਾਵੇ।
ਉਹਨਾਂ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਜਾਗਰੂਕਤਾ ਗਤੀਵਿਧੀਆਂ ਵਿੱਚ ਸਿਹਤ ਵਿਭਾਗ ਨੂੰ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਚੰਗੇਰੀ ਸਿਹਤ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ, ਇਨ੍ਹਾਂ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਸਵਾਇਨ ਫਲੂ ਵਰਗੀ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਵਾਇਨ ਫਲੂ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਇਸਦੇ ਲੱਛਣ ਜਿਵੇ ਕਿ ਤੇਜ਼ ਬੁਖਾਰ, ਸਰੀਰ ਦਰਦ,ਖਾਂਸੀ, ਉਲਟੀਆਂ ਅਤੇ ਦਸਤ ਆਦਿ ਦੀ ਸੂਰਤ ਵਿੱਚ ਨੇੜੇ ਦੇ ਹਸਪਤਾਲ ਵਿੱਚ ਜਾਂਚ ਕਰਵਾਈ ਜਾਵੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਸਵਾਈਨ ਫਲੂ ਦੇ ਲੱਛਣਾ ਅਤੇ ਉਸਦੀ ਰੋਕਥਾਮ ਲਈ ਜਾਗਰੂਕ ਕਰਨ ਵਾਲੇ ਪੋਸਟਰ ਜਨਤਕ ਥਾਂਵਾ ਤੇ ਲਗਾਏ ਜਾਣ ਤਾਂ ਜੋ ਲੋਕਾਂ ਵਿੱਚ ਇਸ ਬਿਮਾਰੀ ਦੀ ਰੋਕਥਾਮ ਅਤੇ ਬਚਾਅ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾ ਸਕੇ।
ਇਸ ਮੌਕੇ ਐਸ.ਡੀ.ਐਮ. ਐਸ.ਏ.ਐਸ.ਨਗਰ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ. ਖਰੜ ਰਵਿੰਦਰ ਸਿੰਘ, ਐਸ.ਡੀ.ਐਮ. ਡੇਰਾਬਸੀ ਹਿਮਾਂਸੂ ਗੁਪਤਾ, ਸਹਾਇਕ ਕਮਿਸ਼ਨਰ ਤਰਸੇਮ ਚੰਦ, ਸਿਵਲ ਸਰਜਨ ਸ੍ਰੀਮਤੀ ਆਦਰਸ਼ਪਾਲ ਕੌਰ ਅਤੇ ਡੀ.ਡੀ.ਪੀ.ਓ ਅਮਰਿੰਦਰ ਪਾਲ ਸਿੰਘ ਅਤੇ ਹੋਰਨਾ ਵਿਭਾਗਾ ਦੇ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।