- ਸਰਕਾਰੀ ਵਿਭਾਗਾਂ ’ਚ ਬੈਠਣ ਅਤੇ ਪੀਣ ਵਾਲੇ ਪਾਣੀ ਦੇ ਯੋਗ ਪ੍ਰਬੰਧ ਕਰਨ ਦੀ ਹਦਾਇਤ
- ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ
ਦਲਜੀਤ ਕੌਰ, ਸੰਗਰੂਰ
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਵਿਖੇ ਸੇਵਾਵਾਂ ਹਾਸਲ ਕਰਨ ਲਈ ਪਹੁੰਚਣ ਵਾਲੇ ਨਾਗਰਿਕਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਉਚ ਅਧਿਕਾਰੀਆਂ ਨਾਲ ਵੱਖ-ਵੱਖ ਕੰਮਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੀਆਂ ਸ਼ਿਕਾਇਤਾਂ ਜਾਂ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਵਿਭਾਗਾਂ ਵਿੱਚ ਪਹੁੰਚ ਕਰਨ ਵਾਲੇ ਬਿਨੈਕਾਰਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਪੂਰਵਕ ਵਿਚਾਰਦੇ ਹੋਏ ਸਮੇਂ ਸਿਰ ਢੁਕਵੇਂ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਨਾਗਰਿਕਾਂ ਦਾ ਕੀਮਤੀ ਸਮਾਂ ਅਜਾਈਂ ਨਸ਼ਟ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਆਪੋ ਆਪਣੀ ਸਬ ਡਵੀਜ਼ਨ ਅਧੀਨ ਆਉਂਦੇ ਸਰਕਾਰੀ ਵਿਭਾਗਾਂ ਵਿਖੇ ਅਚਨਚੇਤ ਦੌਰਾ ਕਰਦੇ ਹੋਏ ਲੋਕਾਂ ਨੂੰ ਮਿਲਣ ਵਾਲੀਆਂ ਸਰਕਾਰੀ ਸੇਵਾਵਾਂ ਦਾ ਜਾਇਜ਼ਾ ਲਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਵੀ ਲੋੜਵੰਦਾਂ ਤੱਕ ਪ੍ਰਮੁੱਖਤਾ ਦੇ ਆਧਾਰ ’ਤੇ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿਖੇ ਆਉਣ ਵਾਲੇ ਲੋਕਾਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਅਤੇ ਪੀਣ ਲਈ ਸਾਫ਼ ਪਾਣੀ ਦੀ ਵਿਵਸਥਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗ ਸਿੱਧੇ ਤੌਰ ’ਤੇ ਪਬਲਿਕ ਡੀਲਿੰਗ ਨਾਲ ਸਬੰਧਤ ਹਨ, ਉਥੇ ਵਧੇਰੇ ਭੀੜ ਨੂੰ ਸੁਚਾਰੂ ਢੰਗ ਨਾਲ ਨਿਯੰਤ੍ਰਿਤ ਕਰਨ ਲਈ ਯੋਗ ਪ੍ਰਣਾਲੀ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਸੇਵਾਵਾਂ ਪ੍ਰਦਾਨ ਕਰਨ ਵਾਲੇ ਕਰਮਚਾਰੀਆਂ ਅਤੇ ਸੇਵਾਵਾਂ ਹਾਸਲ ਕਰਨ ਵਾਲੇ ਬਿਨੈਕਾਰਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਕੰਮਾਂ ਦੀ ਪ੍ਰਗਤੀ ਬਾਰੇ ਵੀ ਸਮੀਖਿਆ ਕੀਤੀ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰਾਂ ਤੇ ਹੋਰ ਅਧਿਕਾਰੀਆਂ ਤੋਂ ਹੁਣ ਤੱਕ ਕੋਰਟ ਕੇਸਾਂ, ਰਿਕਵਰੀ, ਵੰਡ ਦੇ ਮਾਮਲਿਆਂ ਆਦਿ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਬਕਾਇਆ ਮਾਮਲੇ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਜਸਪ੍ਰੀਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਭਵਾਨੀਗੜ੍ਹ ਡਾ. ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।