ਚੰਡੀਗੜ੍ਹ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ 2 ਅਕਤੂਬਰ ਦਿਨ ਸੋਮਵਾਰ ਨੂੰ ਦਿੱਤਾ ਜਾਣਾ ਸੀ ਉਹ ਧਰਨਾ ਇਕ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ।
ਉਹਨਾਂ ਦੱਸਿਆ ਕਿ ਧਰਨੇ ਦੇ ਦਬਾਅ ਸਦਕਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ 4 ਅਕਤੂਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਰਖਵਾ ਦਿੱਤੀ ਹੈ ਤੇ ਇਸ ਸਬੰਧੀ ਜਥੇਬੰਦੀ ਨੂੰ ਲਿਖਤੀ ਰੂਪ ਵਿੱਚ ਪੱਤਰ ਭੇਜ ਦਿੱਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਹ ਮੀਟਿੰਗ ਮੁਲਾਜ਼ਮਾਂ ਦੀਆਂ ਮੰਗਾਂ ਲਈ ਕੈਬਨਿਟ ਮੰਤਰੀਆਂ ਦੀ ਜੋ ਸਬ ਕਮੇਟੀ ਗਠਿਤ ਕੀਤੀ ਗਈ ਹੈ ਉਸ ਕਮੇਟੀ ਨਾਲ ਹੋਵੇਗੀ।
ਹਰਗੋਬਿੰਦ ਕੌਰ ਨੇ ਕਿਹਾ ਕਿ ਜੇਕਰ ਮੀਟਿੰਗ ਵਿੱਚ ਕੋਈ ਸਿੱਟਾ ਨਹੀਂ ਨਿਕਲਦਾ ਤਾਂ ਯੂਨੀਅਨ ਵੱਲੋਂ ਸੰਘਰਸ਼ ਜਾਰੀ ਰਹੇਗਾ ਤੇ ਮੁੜ ਧਰਨੇ ਦੀ ਅਗਲੀ ਤਰੀਕ ਰੱਖ ਦਿੱਤੀ ਜਾਵੇਗੀ।