- ਲੋਕ ਪੂਰੀ ਜ਼ਿੰਮੇਵਾਰੀ ਨਾਲ ਕੋਵਿਡ ਦੇ ਬੁਨਿਆਦੀ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣ : ਡਾ. ਗੀਤਾਂਜਲੀ ਸਿੰਘ
- ਸਿਹਤ ਬਲਾਕ ਮੁਜ਼ੱਫਰਪੁਰ ਵਿੱਚ 50 ਤੋਂ ਵੱਧ ਵਿਅਕਤੀਆਂ ਦੇ ਕੋਵਿਡ-19 ਦੇ ਸੈਂਪਲ ਲਏ
ਪ੍ਰਮੋਦ ਭਾਰਤੀ, ਨਵਾਂਸ਼ਹਿਰ
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਦੀਆਂ ਵੱਖ-ਵੱਖ ਸੈਂਪਲਿੰਗ ਟੀਮਾਂ ਨੇ ਅੱਜ ਪੂਰੇ ਬਲਾਕ ਵਿਚ 50 ਤੋਂ ਵੱਧ ਵਿਅਕਤੀਆਂ ਦੀ ਕੋਵਿਡ ਟੈਸਟਿੰਗ ਕੀਤੀ।
ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਅੱਜ ਕਮਿਊਨਿਟੀ ਸਿਹਤ ਕੇਂਦਰ, ਰਾਹੋਂ ਵਿਖੇ ਆਪਣੀ ਨਿਗਰਾਨੀ ਵਿੱਚ ਲੋਕਾਂ ਦੀ ਕੋਵਿਡ ਟੈਸਟਿੰਗ ਕਰਵਾਈ। ਇਸ ਮੌਕੇ ਉਨ੍ਹਾਂ ਬਲਾਕ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮਾਰੂ ਬੀਮਾਰੀ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ।
ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਇਸ ਮਾਰੂ ਬੀਮਾਰੀ ’ਤੇ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਪਰ ਇਸ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਸਮੇਂ ਮਾਸਕ ਪਾਉਣਾ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ।
ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਭੀੜ ਵਾਲੀਆਂ ਥਾਵਾਂ, ਜਨਤਕ ਬੱਸਾਂ, ਖ਼ਰੀਦਦਾਰੀ ਕੇਂਦਰਾਂ, ਦੁਕਾਨਾਂ ਤੇ ਹਸਪਤਾਲਾਂ ਆਦਿ ’ਚ ਜਾਣ ਸਮੇਂ ਮਾਸਕ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ ਦੀ ਰੋਕਥਾਮ ਦੇ ਮੱਦੇਨਜ਼ਰ ਕੋਵਿਡ ਸੈਂਪਲਿੰਗ ਨਿਰੰਤਰ ਕੀਤੀ ਜਾ ਰਹੀ ਹੈ। ਬਲਾਕ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਵਰਗੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ।
ਕੋਵਿਡ ਦੇ ਬਚਾਅ ਲਈ ਹੈਲਥ ਕੇਅਰ ਵਰਕਰ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਨਾਲ ਕੋਰੋਨਾ ਵਾਇਰਸ ‘ਤੇ ਜਿੱਤ ਯਕੀਨੀ ਬਣਾਈ ਜਾ ਸਕਦੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੋਵਿਡ ਤੋਂ ਬਚਣ ਲਈ ਸਾਵਧਾਨੀਆਂ ਨੂੰ ਪਹਿਲ ਦੇ ਆਧਾਰ ਉੱਤੇ ਅਪਣਾਉਣ, ਕਿਉਂਕਿ ਕੋਵਿਡ ਤੋਂ ਬਚਣ ਲਈ ਇਹੀ ਸਭ ਤੋਂ ਕਾਰਗਰ ਹਥਿਆਰ ਹੈ।
ਡਾ. ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪੋਜ਼ੀਟਿਵ ਕੇਸ ਇਕਾਂਤਵਾਸ ਵਿੱਚ ਰਹਿ ਕੇ ਹੀ ਸਿਹਤਯਾਬ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰ ਸੰਪਰਕ ਕਰਨ।
ਉਨ੍ਹਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕ ਖੁਰਾਕ ਖਾਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਸਿਹਤ ਮੁਲਾਜ਼ਮ ਮਨਦੀਪ ਸਿੰਘ ਕਾਹਲੋਂ ਤੇ ਗੁਲਸ਼ਨ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਸਟਾਫ ਮੈਂਬਰ ਮੌਜੂਦ ਸਨ।