ਬਰਨਾਲਾ :
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਸਿਧਾਂਤਕ ਮਨਜ਼ੂਰੀ ਦਿੱਤੀ ਹੈ।
ਇਸ ਤੋਂ ਇਲਾਵਾ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ 6 ਫ਼ੀਸਦੀ ਡੀਏ ਵਿਚ ਵਾਧਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਹੈ।
ਇਸ ਅਹਿਮ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਉਚੇਰੀ ਸਿੱਖਿਆ ਮੰਤਰੀ ਹੇਅਰ ਨੇ ਆਖਿਆ ਕਿ ਇਹ ਦਿਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਬੇਹੱਦ ਇਤਿਹਾਸਕ ਹੈ।
ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕਈ ਸਾਲਾਂ ਦੀ ਮੰਗ ਲਾਗੂ ਕਰਨ ਦਾ ਵੱਡਾ ਫੈਸਲਾ ਕੀਤਾ ਹੈ, ਜੋ ਕਿ ਪਿਛਲੀਆਂ ਸਰਕਾਰਾਂ ਲਾਗੂ ਨਹੀਂ ਕਰ ਸਕੀਆਂ।
ਉਨ੍ਹਾਂ ਅੱਗੇ ਆਖਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮ ਹਿੱਤਾਂ ਨੂੰ ਧਿਆਨ ’ਚ ਰੱਖਦੇ ਹੋਏ ਜਿੱਥੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਕੈਬਨਿਟ ’ਚ ਸਿਧਾਂਤਕ ਮਨਜ਼ੂਰੀ ਦਿੱਤੀ ਹੈ।
ਉੱਥੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀਏ ’ਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਿਆ ਹੋਇਆ ਡੀਏ ਪਹਿਲੀ ਅਕਤੂਬਰ 2022 ਤੋਂ ਦਿੱਤਾ ਜਾਵੇਗਾ।