ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਭਰ ਦੇ ਅੰਦਰ ਦੱਸਵੀਂ ਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆਂ ਅੱਜ 15 ਸਤੰਬਰ ਤੋਂ ਲਈਆਂ ਜਾ ਰਹੀਆਂ ਹਨ। ਇਸੇ ਨੂੰ ਲੈ ਕੇ ਪੰਜਾਬ ਦੇ ਸਾਰੇ ਹੀ ਜ਼ਿਲ੍ਹਾ ਮੈਜਿਸਟ੍ਰੇਟਾਂ ਵਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾ ਦਿੱਤੀ ਗਈ ਹੈ। ਦੱਸ ਦਈਏ ਕਿ, ਇਹ ਪ੍ਰੀਖਿਆਵਾਂ ਅੱਜ 15 ਸਤੰਬਰ ਤੋਂ ਸ਼ੁਰੂ ਹੋ ਕੇ 3 ਅਕਤੂਬਰ 2022 ਤੱਕ ਚੱਲਣਗੀਆਂ।
ਸਰਕਾਰੀ ਬੁਲਾਰੇ ਦੀ ਮੰਨੀਏ ਤਾਂ, ਉਨ੍ਹਾਂ ਦਾ ਕਹਿਣਾ ਸੀ ਕਿ, ਦੱਸਵੀਂ ਤੇ ਬਾਰਵੀਂ ਸ਼੍ਰੇਣੀ ਦੇ ਪ੍ਰੀਖਿਆਵਾਂ ਦੇ ਸੁਚੱਜੇ ਸੰਚਾਲਣ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾਉਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰਹੇ।
ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਤਹਿਤ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।
ਸਰਕਾਰੀ ਬੁਲਾਰੇ ਨੇ ਕਿਹਾ ਕਿ ਪ੍ਰਬੰਧਕਾਂ ਵਲੋਂ ਕੋਵਿਡ-19 ਮਹਾਂਮਾਰੀ ਕਾਰਨ ਥਰਮਲ ਸਕੈਨਿੰਗ, ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆਰਥੀ ਬਿਠਾਏ ਜਾਣ। ਕਰੋਨਾ ਵਾਇਰਸ ਤੋਂ ਬਚਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਇਸ ਦੇ ਨਾਲ ਹੀ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਜੋ ਪ੍ਰੀਖਿਆਂ ਦਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਹ ਹੁਕਮ 15 ਸਤੰਬਰ ਤੋਂ 03 ਅਕਤੂਬਰ ਤੱਕ ਲਾਗੂ ਰਹਿਣਗੇ।