- ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਪੰਜਾਬ ਸਰਕਾਰ:-ਮੋਰਚਾ ਆਗੂ
ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ
ਪੰਜਾਬ ਸਰਕਾਰ ਵੱਲੋੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਨੂੰ 14 ਵਾਰ ਮੀਟਿੰਗਾਂ ਦੇ ਲਿਖਤੀ ਭਰੋਸੇ ਦੇਕੇ ਮੀਟਿੰਗਾਂ ਨਾ ਕਰਨ ਅਤੇ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ ਦੇ ਵਿਰੋਧ ਵਜੋਂ ਅੱਜ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)” ਦੇ ਬੈਨਰ ਹੇਠ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦੇ ਉਲੀਕੇ ਸੰਘਰਸ਼ ਪ੍ਰੋ. ਤਹਿਤ ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਬਠਿੰਡਾ-ਜੀਰਕਪੁਰ ਨੈਸ਼ਨਲ ਹਾਈਵੇ 07 ਨੂੰ ਜਾਮ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।
ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ ਅਤੇ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਈ ਸਬ-ਕਮੇਟੀ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਬੇਈਮਾਨੀ ਵਾਲੇ ਵਤੀਰੇ ਨੂੰ ਜਾਰੀ ਰੱਖ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪ ਸਰਕਾਰ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਸਮੁੱਚੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਅਤੇ ਸਿਹਤ ਵਿਭਾਗ ਆਦਿ ਵਿੱਚ ਆਊਟਸੋਰਸ਼ਡ, ਇਨਲਿਸਟਮੈਂਟ, ਠੇਕੇਦਾਰਾਂ, ਕੰਪਨੀਆਂ ਅਤੇ ਸੁਸਾਇਟੀਆਂ ਆਦਿ ਰਾਹੀਂ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨਾਲ਼ ਬੇਇਨਸਾਫ਼ੀ ਕਰ ਰਹੀ ਹੈ।
ਪੰਜਾਬ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਵਿੱਚ ਖਾਸ ਕਰਕੇ ਆਊਟਸੋਰਸਡ, ਇਨਲਿਸਟਮੈਂਟ,ਠੇਕੇਦਾਰਾਂ,ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸੁਹਿਰਦ ਨਹੀਂ ਹੈ, ਜਿਸ ਦੇ ਵਿਰੋਧ ਵਜੋਂ ਅੱਜ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ।
ਇਸ ਸਮੇਂ ਹਾਜ਼ਿਰ ਲਵਪ੍ਰੀਤ ਸਿੰਘ,ਗੁਰਪ੍ਰੀਤ ਸਿੰਘ,ਗੁਰਸ਼ਰਨ ਸਿੰਘ,ਨਾਇਬ ਸਿੰਘ, ਲਛਮਣ ਸਿੰਘ,ਹਰਦੀਪ ਸਿੰਘ ਤੱਗੜ,ਕ੍ਰਿਸ਼ਨ ਕੁਮਾਰ, ਜਗਜੀਤ ਸਿੰਘ,ਬਲਰਾਮ ਸ਼ਰਮਾ,ਪੱਪੂ ਰਾਮ,ਰਣਧੀਰ ਸਿੰਘ,ਬਲਵਿੰਦਰ ਸਿੰਘ,ਹਰਜਿੰਦਰ ਸਿੰਘ, ਅਮ੍ਰਿਤਪਾਲ ਸਿੰਘ,ਦੁੱਲਾ ਸਿੰਘ,ਕੁਲਵਿੰਦਰ ਸਿੰਘ,ਜਸਕਰਨ ਸਿੰਘ ਜੱਸੀ ਆਦਿ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਅਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਡਿਉਟੀ ਦੌਰਾਨ ਜਾਨ ਗਵਾ ਚੁੱਕੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।