ਮੋਹਾਲੀ-
ਪੰਜਾਬ ਸਰਕਾਰ ਦੁਆਰਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਘੋਸ਼ਣਾ ਕਰਨ ਤੋਂ ਬਾਅਦ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ।
ਇਸ ਰੋਸ ਵਜੋਂ ਪੰਜਾਬ ਦੇ ਸਰਕਾਰੀ ਮੁਲਾਜ਼ਮ ਹੁਣ ਗੁਜਰਾਤ ਵਿੱਚ ਹੋਣ ਵਾਲੀ ਇਲੈਕਸ਼ਨ ਵਿੱਚ 26 ਨਵੰਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣਗੇ।
ਸੀਪੀਐਫ਼ ਕਰਮਚਾਰੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ 29 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਆਪ ਸਰਕਾਰ ਦੇ ਖਿਲਾਫ਼ ਪੋਲ ਖੋਲ੍ਹ ਰੈਲੀ ਦੀ ਘੋਸ਼ਣਾ ਕੀਤੀ ਗਈ ਸੀ।
ਪ੍ਰੰਤੂ ਸਰਕਾਰ ਦੇ ਐਲਾਨ ਕਰਨ ਤੋਂ ਬਾਅਦ ਇਸ ਨੂੰ ਰੋਕ ਦਿੱਤਾ ਗਿਆ ਸੀ, ਸਰਕਾਰ ਨੇ 3 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ ਸੀ ਪਰ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।
ਜਿਸ ਕਾਰਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸੀਪੀਐਫ਼ ਕਰਮਚਾਰੀ ਯੂਨੀਅਨ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਸ਼ਿਵ ਕੁਮਾਰ ਰਾਣਾ, ਪ੍ਰਭਦੀਪ ਸਿੰਘ ਬੋਪਾਰਾਏ, ਤਜਿੰਦਰ ਸਿੰਘ ਤੇ ਅਮਿਤ ਕਟੋਚ ਵੱਲੋਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਹੈ, ਉਹ ਇਸ ਰੈਲੀ ਵਿਚ ਵੱਧ ਚਡ਼੍ਹ ਕੇ ਹਿੱਸਾ ਲੈਣ ਤਾਂ ਜੋ ਸਰਕਾਰ ਨੂੰ ਮਜਬੂਰਨ ਨੋਟੀਫਿਕੇਸ਼ਨ ਜਾਰੀ ਕਰਨਾ ਪਵੇ।