ਚੰਡੀਗੜ੍ਹ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧ ਚਲਾਈ ਮੁਹਿੰਮ ਦੌਰਾਨ ਅਮਨ ਮਸੀਹ ਰੀਡਰ ਟੂ ਤਹਿਸੀਲਦਾਰ ਫਿਰੋਜ਼ਪੁਰ ਅਤੇ ਸੁਰਜੀਤ ਸਿੰਘ ਸਰਕਲ ਕਾਨੂੰਗੋ ਹਲਕਾ ਆਰਿਫਕੇ ਫਿਰੋਜ਼ਪੁਰ ਦੇ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਗਰੇਜ ਸਿੰਘ ਵਾਸੀ ਪਿੰਡ ਦੁੱਲਾ ਸਿੰਘ ਵਾਲਾ ਫਿਰੋਜ਼ਪੁਰ ਨੇ ਉਕਤ ਦੋਸ਼ੀਆਂ ਖਿਲਾਫ ਟੋਲ ਫਰੀ ਐਂਟੀ ਕੁਰੱਪਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਹੈ।
ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਾਰੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਾਉਣ ਬਦਲੇ ਉਕਤ ਮੁਲਜ਼ਮ ਰੀਡਰ ਨੇ 20 ਹਜ਼ਾਰ ਰੁਪਏ ਸਬੰਧਤ ਤਹਿਸੀਲਦਾਰ ਲਈ ਅਤੇ 5 ਹਜ਼ਾਰ ਰੁਪਏ ਆਪਣੇ ਲਈ ਰਿਸ਼ਵਤ ਦੀ ਮੰਗ ਕੀਤੀ ਹੈ।
ਉਸਨੇ ਹੋਰ ਦੋਸ਼ ਲਾਇਆ ਕਿ ਉਕਤ ਕਾਨੂੰਗੋ ਨੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਇਸ ਕੇਸ ਵਿੱਚ ਕਬਜ਼ਾ ਵਾਰੰਟਾਂ ਨੂੰ ਤੁਰੰਤ ਲਾਗੂ ਨਹੀਂ ਕੀਤਾ ਸਗੋਂ ਦੇਰੀ ਵੀ ਕੀਤੀ।
ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 420, 465, 466, 468, 471, 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।